Latest news

ਡੀ.ਟੀ.ਐੱਫ. ਵੱਲੋਂ ਟੀਚਿੰਗ ਤੇ ਨਾਨ ਟੀਚਿੰਗ ਕਾਡਰ ਦੇ ਸੇਵਾ ਨਿਯਮ-2018 ਨੂੰ ਸੋਧਣ ਦੀ ਮੰਗ

ਡੀ.ਟੀ.ਐੱਫ. ਵੱਲੋਂ ਟੀਚਿੰਗ ਤੇ ਨਾਨ ਟੀਚਿੰਗ ਕਾਡਰ ਦੇ ਸੇਵਾ ਨਿਯਮ-2018 ਨੂੰ ਸੋਧਣ ਦੀ ਮੰਗ

– ਵਿਭਾਗੀ ਪ੍ਰੀਖਿਆ ਦੀ ਸ਼ਰਤ ਹਟਾਉਣ ਅਤੇ ਬਦਲੀਆਂ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਮੰਗ

– ਸੈਕੰਡਰੀ ਅਧਿਆਪਕਾਂ ਨੂੰ ਬਦਲੀ ਦਾ ਮੌਕਾ ਨਾ ਮਿਲਣ ਕਾਰਨ ‘ਆਪ’ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ

ਸਿੱਖਿਆ ਫੋਕਸ, ਪਟਿਆਲਾ। ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਵਲੋਂ ਪਿਛਲੀ ਸਰਕਾਰ ਦੇ ਬਣਾਏ ਮੁਲਾਜ਼ਮ ਵਿਰੋਧੀ ਸੇਵਾ ਨਿਯਮਾਂ ਨੂੰ ਹੀ ਬਰਕਰਾਰ ਰੱਖਦੇ ਹੋਏ ਸਾਲ 2018 ਤੋਂ ਬਾਅਦ ਸਿੱਧੀ ਭਰਤੀ ਤੇ ਪ੍ਰਮੋਸ਼ਨਾਂ ਲਈ ਵਿਭਾਗੀ ਪ੍ਰੀਖਿਆ ਦੀ ਲਗਾਈ ਸ਼ਰਤ ਨੂੰ ਵਾਪਿਸ ਲੈਣ ਅਤੇ ਸੈਕੰਡਰੀ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਕੂਲ ਅਧਿਆਪਕਾਂ ਦੀਆਂ ਬਦਲੀਆਂ ਦੀ ਪ੍ਰਕਿਰਿਆ ਨੂੰ ਬਿਨਾਂ ਦੇਰੀ ਮੁਕੰਮਲ ਕਰਨ ਦੀ ਮੰਗ ਸਬੰਧੀ, ਡੈਮੋਕ੍ਰੇਟਿਕ ਟੀਚਰਜ਼ ਫਰੰਟ,ਪਟਿਆਲਾ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਪ੍ਰਮੁੱਖ ਸਕੱਤਰ (ਸਕੂਲਜ਼) ਦੇ ਨਾਂ ਮੰਗ ਪੱਤਰ ਸੌਂਪਿਆ ਗਿਆ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਤਿੰਦਰਪਾਲ ਘੱਗਾ,ਸਕੱਤਰ ਹਰਵਿੰਦਰ ਰੱਖੜਾ ਅਤੇ ਸੂਬਾਈ ਆਗੂ ਡਾ. ਹਰਦੀਪ ਟੋਡਰਪੁਰ ਨੇ ਦੱਸਿਆ ਕਿ ਸਾਲ 2018 ਵਿੱਚ ਸਿੱਖਿਆ ਵਿਭਾਗ ਦੇ ਅਧਿਆਪਨ ਤੇ ਨਾਨ ਟੀਚਿੰਗ ਕਾਡਰ ਲਈ ਬਣਾਏ ਸੇਵਾ ਨਿਯਮਾਂ ਵਿਰੁੱਧ ਸਿੱਖਿਆ ਵਿਭਾਗ (ਸਕੂਲਜ਼) ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਜੱਥੇਬੰਦੀ ਨੇ ਮੰਗ ਕੀਤੀ ਕਿ ਸਿੱਧੀ ਭਰਤੀ ਅਤੇ ਪਦਉੱਨਤ ਹੋਣ ਵਾਲੇ ਗਰੁੱਪ ਏ, ਬੀ ਅਤੇ ਸੀ ਦੇ ਪ੍ਰਾਇਮਰੀ ਤੇ ਸੈਕੰਡਰੀ ਅਧਿਆਪਕਾਂ, ਅਧਿਕਾਰੀਆਂ ਅਤੇ ਨਾਨ ਟੀਚਿੰਗ ਕਰਮਚਾਰੀਆਂ ਉੱਪਰ ਵਿਭਾਗੀ ਪ੍ਰੀਖਿਆ ਅਤੇ ਕੰਪਿਊਟਰ ਹੁਨਰ ਮੁਹਾਰਤ ਟੈਸਟ ਪਾਸ ਹੋਣ ਤਕ ਸਲਾਨਾ ਇਨਕਰੀਮੈਂਟ ਰੋਕਣ ਦਾ ਫ਼ੈਸਲਾ ਮੁੱਢੋਂ ਰੱਦ ਕੀਤਾ ਜਾਵੇ ਅਤੇ ਸਾਰੇ ਕਾਡਰਾਂ ਦੀਆਂ ਪੈਡਿੰਗ ਤਰੱਕੀਆਂ ਬਿਨਾਂ ਦੇਰੀ ਮੁਕੰਮਲ ਕੀਤੀਆਂ ਜਾਣ। ਇਹਨਾਂ ਨਿਯਮਾਂ ਤਹਿਤ ਹੀ ਮੁਲਾਜ਼ਮਾਂ ਨੂੰ ਬਾਰਡਰ ਤੇ ਨਾਨ-ਬਾਰਡਰ ਕਾਡਰ ਵਿੱਚ ਵੰਡਣ ਦਾ ਫ਼ੈਸਲਾ ਰੱਦ ਕੀਤਾ ਜਾਵੇ। ਬੀ.ਪੀ.ਈ.ਓ., ਹੈੱਡ ਮਾਸਟਰ ਅਤੇ ਪ੍ਰਿੰਸੀਪਲ ਕਾਡਰ ਦਾ ਤਰੱਕੀ ਕੋਟਾ 75% ਕੀਤਾ ਜਾਵੇ। ਨਵੀਂਆਂ ਭਰਤੀਆਂ ਲਈ ਮੁੱਢਲੀ ਯੋਗਤਾ ਨੂੰ ਸਬੰਧਿਤ ਕੋਰਸਾਂ ਦੀ ਮੁੱਢਲੀ ਯੋਗਤਾ ਦੇ ਇੱਕਸਮਾਨ ਰੱਖਿਆ ਜਾਵੇ। ਸੈਂਟਰ ਹੈੱਡ ਟੀਚਰ ਤੋਂ ਬੀ.ਪੀ.ਈ.ਓ. ਦੀ ਪ੍ਰਮੋਸ਼ਨ ਲਈ ਜਿਲ੍ਹਾ ਪੱਧਰੀ ਸੀਨੀਆਰਤਾ ਰੱਖੀ ਜਾਵੇ।

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂਆਂ ਭੁਪਿੰਦਰ ਸਿੰਘ,ਸੁਖਵੀਰ ਸਿੰਘ,ਕ੍ਰਿਸ਼ਨ ਚੌਹਾਨਕੇ ਅਤੇ ਗਗਨ ਰਾਣੂ ਨੇ ਪੁਰਜੋਰ ਮੰਗ ਕੀਤੀ ਕਿ ਬਦਲੀ ਨੀਤੀ ਤਹਿਤ ਹੋ ਚੁੱਕੀਆਂ ਸਾਰੀਆਂ ਬਦਲੀਆਂ ਨੂੰ ਬਿਨਾਂ ਸ਼ਰਤ ਲਾਗੂ ਕੀਤਾ ਜਾਵੇ। ਸੈਕੰਡਰੀ ਅਧਿਆਪਕਾਂ ਦੀ ਰੋਕੀ ਹੋਈ ਬਦਲੀ ਪ੍ਰੀਕਿਰਿਆ ਫੌਰੀ ਸ਼ੁਰੂ ਕੀਤੀ ਜਾਵੇ। ਪ੍ਰਾਇਮਰੀ ਅਤੇ ਸੈਕੰਡਰੀ ਦੀਆਂ ਬਦਲੀਆਂ ਦੇ ਘੱਟੋ ਘੱਟ ਤਿੰਨ ਰਾਊਂਡ ਜ਼ਰੂਰ ਚਲਾਏ ਜਾਣ। ਜੱਥੇਬੰਦੀਆਂ ਵੱਲੋਂ ਦਿੱਤੇ ਹੋਰਨਾਂ ਸੁਝਾਵਾਂ ਨੂੰ ਲਾਗੂ ਕਰਨ ਤੋਂ ਇਲਾਵਾ ਆਪਸੀ ਬਦਲੀ ਅਤੇ ਪ੍ਰੋਮੋਸ਼ਨਾਂ ਰਾਹੀਂ ਹੋਈ ਸਟੇਸ਼ਨ ਤਬਦੀਲੀ ਦੇ ਮਾਮਲਿਆਂ ਨੂੰ ਸਟੇਅ ਤੋਂ ਛੋਟ ਦਿੱਤੀ ਜਾਵੇ।

ਇਸ ਮੌਕੇ ਗਗਨ ਕਾਠਮੱਠੀ,ਚਮਕੌਰ ਸਿੰਘ,ਦਵਿੰਦਰ ਸਿੰਘ,ਤਰਸੇਮ ਸਿੰਘ,ਜਗਦੀਪ ਸਿੰਘ,ਮਨਦੀਪ ਕੌਰ,ਸੁਖਦੀਪ ਕੌਰ,ਹਰਬੀਰ ਕੌਰ,ਸੁਖਦੀਪ ਕੌਰ ਆਦਿ ਅਧਿਆਪਕ ਵੀ ਉਚੇਚੇ ਤੌਰ ਤੇ ਪਹੁੰਚੇ ।

Leave a Reply

Your email address will not be published.

%d bloggers like this: