Latest news

ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਦੇ ਆਸਾਰ, ਇਸ ਮੰਤਰੀ ਦੀ ਹੋ ਸਕਦੀ ਹੈ ਛੁੱਟੀ

ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਦੇ ਆਸਾਰ, ਇਸ ਮੰਤਰੀ ਦੀ ਹੋ ਸਕਦੀ ਹੈ ਛੁੱਟੀ

 

 

– ਗੁਜਰਾਤ ਚੋਣਾਂ ਵਿੱਚ ਪਾਰਟੀ ਲਈ ਵਧੀਆ ਕੰਮ ਕਰਨ ਵਾਲੇ ਵਿਧਾਇਕਾਂ ਨੂੰ ਮਿਲੇਗੀ ਕੈਬਨਿਟ ਵਿੱਚ ਥਾਂ

 

 

ਸਿੱਖਿਆ ਫੋਕਸ, ਚੰਡੀਗੜ੍ਹ। ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਵੱਲੋਂ ਸਾਢੇ 8 ਮਹੀਨੇ ਬਾਅਦ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਵਿੱਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਸਣੇ ਕਈ ਹੋਰ ਵਜ਼ੀਰਾਂ ਦੀ ਛੁੱਟੀ ਹੋ ਸਕਦੀ ਹੈ। ਮੰਤਰੀ ਮੰਡਲ ਵਿੱਚ ਇਹ ਬਦਲਾਅ ਦਸੰਬਰ ਦੇ ਅਖੀਰ ਤੱਕ ਹੋ ਸਕਦਾ ਹੈ। ਇਹ ਖੁਲਾਸਾ ਭਰੋਸੇਯੋਗ ਸੂਤਰਾਂ ਨੇ ਕੀਤਾ ਹੈ।

ਸੂਤਰਾਂ ਮੁਤਾਬਕ ‘ਆਪ’ ਦੀ ਹਾਈਕਮਾਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਦੇ ਨਵੇਂ ਚਿਹਰਿਆਂ ਲਈ ਆਪਣੇ ਸਹਾਲਕਾਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੇ ਵੱਡੇ ਥੰਮ੍ਹ ਡੇਗਣ ਵਾਲੇ ਜਾਂ ਗੁਜਰਾਤ ਚੋਣਾਂ ਵਿੱਚ ਪਾਰਟੀ ਲਈ ਵਧੀਆ ਕੰਮ ਕਰਨ ਵਾਲੇ ਵਿਧਾਇਕਾਂ ਨੂੰ ਕੈਬਨਿਟ ਵਿੱਚ ਥਾਂ ਮਿਲ ਸਕਦੀ ਹੈ।

ਗੌਰਤਲਬ ਹੈ ਕਿ ਪੰਜਾਬ ਵਿੱਚ ਗੁਰਮੀਤ ਸਿੰਘ ਖੁੱਡੀਆਂ ਨੇ 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ। ਇਸੇ ਤਰ੍ਹਾਂ ਅਜੀਤ ਪਾਲ ਸਿੰਘ ਕੋਹਲੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਦਕਿ ਲਾਭ ਸਿੰਘ ਉਗੋਕੇ ਅਤੇ ਡਾ. ਚਰਨਜੀਤ ਸਿੰਘ ਨੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕ੍ਰਮਵਾਰ ਭਦੌੜ ਅਤੇ ਚਮਕੌਰ ਸਾਹਿਬ ਹਲਕਿਆਂ ਤੋਂ ਹਰਾਇਆ ਸੀ।

ਇਨ੍ਹਾਂ ਤੋਂ ਇਲਾਵਾ ਡਾ. ਜੀਵਨ ਜੋਤ ਕੌਰ ਨੇ ਅੰਮ੍ਰਿਤਸਰ (ਪੂਰਬੀ) ਤੋਂ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਨੂੰ, ਜਗਦੀਪ ਸਿੰਘ ਗੋਲਡੀ ਕੰਬੋਜ ਹਲਕਾ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਨੂੰ ਹਰਾਇਆ ਸੀ। ਦੂਜੇ ਪਾਸੇ ਪੰਜਾਬ ਦੇ ਸਾਰੇ ਵਿਧਾਇਕਾਂ ਦੀ ਡਿਊਟੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਬਤੌਰ ਹਲਕਾ ਇੰਚਾਰਜ ਲੱਗੀਆਂ ਸਨ ਜਿਨ੍ਹਾਂ ਨੇ ਪਾਰਟੀ ਲਈ ਉੱਥੇ ਪ੍ਰਚਾਰ ਕੀਤਾ।

‘ਆਪ’ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਤਤਕਾਲੀ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਕੈਬਨਿਟ ਵਿੱਚੋਂ ਬਾਹਰ ਕਰ ਦਿੱਤਾ ਸੀ ਜਦਕਿ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੇ ਆਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਸ਼ੁਰੂ ਹੋਈ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਵਿਰੋਧੀ ਧਿਰ ਵੱਲੋਂ ਸਰਾਰੀ ਦੀ ਨਿਯੁਕਤੀ ਬਾਰੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ।

ਇਸੇ ਕਰਕੇ ‘ਆਪ’ ਨੇ ਕੈਬਨਿਟ ਮੰਤਰੀ ਸਰਾਰੀ ਨੂੰ ਸਤੰਬਰ ਮਹੀਨੇ ਦੇ ਅਖੀਰ ਵਿੱਚ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ, ਪਰ ਹਾਲੇ ਤੱਕ ਉਸ ਦਾ ਕੋਈ ਜਵਾਬ ਨਹੀਂ ਦਿੱਤਾ। ਕੈਬਨਿਟ ਮੰਤਰੀ ਦੇ ਅਜਿਹੇ ਰਵੱਈਏ ਨੂੰ ਵੇਖਦਿਆਂ ਪਾਰਟੀ ਜਲਦ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ (‘ਆਪ’) ਵੱਲੋਂ ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਅਤੇ ਫੇਰਬਦਲ ਲਈ ਪਿਛਲੇ ਸਮੇਂ ਤੋਂ ਵਿਚਾਰ ਕੀਤੀ ਜਾ ਰਹੀ ਹੈ।

Leave a Reply

Your email address will not be published.

%d bloggers like this: