Latest news

ਮਾਪੇ-ਅਧਿਆਪਕ ਮਿਲਣੀ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਰਹੀ ਰੌਣਕ

ਮਾਪੇ-ਅਧਿਆਪਕ ਮਿਲਣੀ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਰਹੀ ਰੌਣਕ

– ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਵੱਖ-ਵੱਖ ਸਕੂਲਾਂ ਦਾ ਕੀਤਾ ਗਿਆ ਦੋਰਾ

ਸਿੱਖਿਆ ਫੋਕਸ, ਜਲੰਧਰ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਸ ਦੀ ਰਹਿਨੁਮਾਈ ਅਤੇ ਵਿਭਾਗ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਨੂੰ ਬਿਹਤਰੀਨ ਬਣਾਉਣ ਲਈ ਮਾਪੇ-ਅਧਿਆਪਕ ਮਿਲਣੀਆਂ ਜਰੀਏ ਵਿਦਿਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ।

ਇਸ ਵਿਸ਼ੇ ਦੀ ਲਗਾਤਾਰਤਾ ਵਿੱਚ ਅੱਜ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ) ਗੁਰਸ਼ਰਨ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਰਾਜੀਵ ਜੋਸ਼ੀ ਦੀ ਅਗਵਾਈ ਵਿਚ ਵਿਦਿਆਰਥੀਆਂ ਵੱਲੋਂ ਦਸੰਬਰ ਪ੍ਰੀਖਿਆ ਦੀ ਕਾਰਗੁਜਾਰੀ ਅਤੇ ਆਉਣ ਵਾਲੇ ਸਲਾਨਾ ਇਮਤਿਹਾਨਾਂ ਵਿੱਚ “ਮਿਸ਼ਨ ਸੌ ਪ੍ਰਤੀਸ਼ਤ” ਦੀ ਪੂਰਤੀ ਬਾਰੇ ਜ਼ਿਲੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ।

ਇਸ ਪ੍ਰੋਗਰਾਮ ਤਹਿਤ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਰਾਜੀਵ ਜੋਸ਼ੀ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ, ਸਰਕਾਰੀ ਸਹਿ-ਸਿੱਖਿਆ ਸਕੂਲ ਲਾਡੋਵਾਲੀ ਰੋਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਜ਼ਾਰਾ ਵਿਖੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਗੁਰਸ਼ਰਨ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਮਸ਼ੇਰ ਖਾਸ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੀ ਪਿੰਡ ਸਮੇਤ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਮਾਪੇ ਅਧਿਆਪਕ ਮਿਲਣੀਆ ਦਾ ਜਾਇਜ਼ਾ ਲਿਆ ਗਿਆ।

ਉਹਨਾਂ ਦੱਸਿਆ ਕਿ ਸਕੂਲੀ ਬੈਂਡ ਟੀਮਾਂ ਨੇ ਬੈਂਡ ਵਜਾ ਕੇ ਮਾਪਿਆਂ ਦਾ ਸਕੂਲਾਂ ਵਿੱਚ ਸਵਾਗਤ ਕੀਤਾ। ਮਾਪਿਆਂ ਵਿੱਚ ਇੰਨਾ ਉਤਸ਼ਾਹ ਸੀ ਕਿ ਹਜ਼ਾਰਾਂ ਮਾਪਿਆਂ ਨੇ ਪੂਰੀ ਗਰਮ ਜੋਸ਼ੀ ਨਾਲ ਪੀਟੀਐਮ ਵਿੱਚ ਸ਼ਿਰਕਤ ਕਰਕੇ ਆਪਣੇ ਬੱਚਿਆਂ ਦੇ ਅਧਿਆਪਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਜਰਨੈਲ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਿੱਠਾਪੁਰ, ਸਰਕਾਰੀ ਪ੍ਰਾਇਮਰੀ ਸਕੂਲ ਤਾਜਪੁਰ ਸਮੇਤ ਵੱਖ-ਵੱਖ ਸਕੂਲਾਂ ਦਾ ਦੌਰਾ ਕਰਦਿਆਂ ਦੱਸਿਆ ਗਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੇ ਸਮੂਹ ਪ੍ਰਾਇਮਰੀ ਅਤੇ ਸਕੈਂਡਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ।

ਇਸ ਦੌਰਾਨ ਮਾਪਿਆਂ ਦੇ ਨਾਲ ਨਾਲ ਪੰਚਾਇਤੀ ਨੁਮਾਇੰਦਿਆਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਸਮਾਜ ਦੀਆਂ ਹੋਰ ਮੋਹਤਬਰ ਸਖਸ਼ੀਅਤਾਂ ਨਾਲ ਵੀ ਸਕੂਲਾਂ ਅਤੇ ਵਿਦਿਆਰਥੀਆਂ ਦੀ ਬਿਹਤਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਦੌਰਾਨ ਹਰ ਸਕੂਲ ਵੱਲੋਂ ਮਾਪਿਆਂ ਦੇ ਸੁਝਾਅ ਵੀ ਪ੍ਰਾਪਤ ਕੀਤੇ ਤਾਂ ਕਿ ਮਾਪਿਆਂ ਦੇ ਸੁਝਾਵਾਂ ਅਨੁਸਾਰ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਕੂਲਾਂ ਦੀ ਬਿਹਤਰੀ ਦੀਆਂ ਕੋਸ਼ਿਸ਼ਾਂ ਨੂੰ ਹੋਰ ਬਿਹਤਰੀਨ ਬਣਾਇਆ ਜਾ ਸਕੇ।

ਸਿੱਖਿਆ ਅਫਸਰ ਗੁਰਸ਼ਰਨ ਸਿੰਘ ਵੱਲੋਂ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਸਰਦੀ ਦੀਆਂ ਛੁੱਟੀਆਂ ਦੌਰਾਨ ਮਾਪੇ ਬੱਚਿਆਂ ਲਈ ਟਾਈਮ ਟੇਬਲ ਬਣਾ ਕੇ ਪੜ੍ਹਨ ਲਈ ਉਤਸ਼ਾਹਿਤ ਕਰਨ। ਉਹਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਤਕਨੀਕਾਂ ਨਾਲ ਲੈੱਸ ਕੀਤਾ ਜਾ ਰਿਹਾ ਹੈ। ਰਾਜੀਵ ਜੋਸ਼ੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਅਧਿਆਪਕਾਂ ਅਤੇ ਮਾਪਿਆਂ ਨੂੰ ਵਿਦਿਆਰਥੀਆਂ ਦੇ ਸਲਾਨਾ ਇਮਤਿਹਾਨਾਂ ਦੀ ਜ਼ੋਰਦਾਰ ਤਿਆਰੀ ਕਰਨ ਲਈ ਕਿਹਾ ਗਿਆ ਤਾਂ ਜ਼ੋ ਮਿਸ਼ਨ ਸੌ ਪ੍ਰਤੀਸ਼ਤ ਦੀ ਪੂਰਤੀ ਕੀਤੀ ਜਾ ਸਕੇ।

ਅਧਿਆਪਕ-ਮਾਪੇ ਮਿਲਣੀ ਦੌਰਾਨ ਸਕੂਲਾਂ ਵੱਲੋਂ ਮਾਪਿਆਂ ਲਈ ਚਾਹ ਅਤੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ। ਸਕੂਲਾਂ ਵੱਲੋਂ ਵਿਸ਼ੇਸ਼ ਸਟਾਲ ਵੀ ਲਗਾਏ ਗਏ। ਇਸ ਤੋਂ ਇਲਾਵਾ ਕਈ ਸਕੂਲਾਂ ਵਿਚ ਮਾਪਿਆਂ ਲਈ ਗੇਮਾਂ ਦਾ ਵੀ ਪ੍ਰਬੰਧ ਕੀਤਾ ਗਿਆ।

Leave a Reply

Your email address will not be published.

%d bloggers like this: